ਸੀਜੇਪੀ ਦਾ ਮੁਜ਼ਾਹਰਾ ਜਾਰੀ, ਕਾਂਗਰਸ ਨੇ ਪੀਐੱਮ ਦੇ ਘਰ ਮੂਹਰੇ ਲਾਇਆ ਧਰਨਾ, ਜਾਣੋ ਅੱਜ ਕੀ-ਕੀ ਹੋਇਆ

ਸੀਜੇਪੀ

ਤਸਵੀਰ ਸਰੋਤ, Getty Images

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 9 ਮਿੰਟ

ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਮੰਗਲਵਾਰ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ (ਆਰਐੱਮਐੱਲ) ਹਸਪਤਾਲ ਦਾ ਦੌਰਾ ਕੀਤਾ।

ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਵਿੱਚ ਦਾਖ਼ਲ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਰੋਧ ਮਾਰਚ ਦੌਰਾਨ ਜ਼ਖ਼ਮੀ ਹੋਏ ਲੋਕਾਂ ਦਾ ਇਲਾਜ ਕਰ ਰਹੇ ਡਾਕਟਰਾਂ ਨਾਲ ਮੀਟਿੰਗ ਕੀਤੀ।

ਦਰਅਸਲ, ਸੋਮਵਾਰ ਨੂੰ ਸੀਜੇਪੀ ਦੇ 'ਸੰਸਦ ਮਾਰਚ' ਦੌਰਾਨ ਪੁਲਿਸ ਕਾਰਵਾਈ ਵਿੱਚ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਇਲਾਜ ਲਈ ਆਰਐੱਮਐੱਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਦੀਪੇਂਦਰ ਹੁੱਡਾ ਵੀ ਆਰਐੱਮਐੱਲ ਹਸਪਤਾਲ ਪਹੁੰਚੇ ਹਨ।

ਇਸ ਦੇ ਨਾਲ ਹੀ ਰਾਹੁਲ ਗਾਂਧੀ ਤੇ ਮਲਿੱਕਾਅਰਜੁਨ ਖੜਗੇ ਦੀ ਅਗਵਾਈ ਵਿੱਚ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਰੰਧਾਵਾ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ।

ਉੱਥੇ ਹੀ, ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੇ ਸਮਰਥਕਾਂ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਦੀ ਕਾਰਵਾਈ ਤੋਂ ਮੁਜ਼ਾਹਰਾਕਾਰੀਆਂ ਨੂੰ ਬਚਾਉਣ ਲਈ ਉਹ ਹੋਰ ਵਧੀਆ ਕੋਸ਼ਿਸ਼ ਕਰ ਸਕਦੇ ਸਨ।

ਜੇਪੀ ਨੱਢਾ

ਤਸਵੀਰ ਸਰੋਤ, Ishant Chauhan/Hindustan Times via Getty Images

ਤਸਵੀਰ ਕੈਪਸ਼ਨ, ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਜ਼ਖ਼ਮੀ ਸੀਜੇਪੀ ਪ੍ਰਦਰਸ਼ਨਕਾਰੀਆਂ ਦਾ ਇਲਾਜ ਕਰ ਰਹੇ ਡਾਕਟਰਾਂ ਨਾਲ ਮੁਲਾਕਾਤ ਕੀਤੀ (ਫ਼ਾਈਲ ਫ਼ੋਟੋ)

ਰਾਹੁਲ ਗਾਂਧੀ ਨੇ ਕਿਹਾ- ਪ੍ਰਧਾਨ ਮੰਤਰੀ ਮੋਦੀ ਮੁਆਫ਼ੀ ਮੰਗਣ ਅਤੇ ਅਸਤੀਫ਼ਾ ਦੇਣ

ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੀਜੇਪੀ ਪ੍ਰਦਰਸ਼ਨ ਵਿੱਚ ਸ਼ਾਮਲ ਵਿਦਿਆਰਥੀਆਂ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੁਆਫ਼ੀ ਦੀ ਮੰਗ ਕੀਤੀ ਹੈ।

ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰ ਵਿਦਿਆਰਥੀਆਂ ਦੇ ਮੁੱਦਿਆਂ 'ਤੇ ਸੰਸਦ ਵਿੱਚ ਚਰਚਾ ਕਰਵਾਉਣ ਤੋਂ ਬਚ ਰਹੀ ਹੈ।

ਸੰਸਦ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ, "ਅਸੀਂ ਲੋਕ ਸਭਾ ਸਪੀਕਰ ਨਾਲ ਮੁਲਾਕਾਤ ਕਰਕੇ ਸੰਸਦ ਵਿੱਚ ਵਿਦਿਆਰਥੀਆਂ ਦੇ ਮੁੱਦਿਆਂ 'ਤੇ ਚਰਚਾ ਕਰਵਾਉਣ ਦੀ ਮੰਗ ਕੀਤੀ। ਪਰ ਲੋਕ ਸਭਾ ਸਪੀਕਰ ਨੇ ਕਿਹਾ ਹੈ ਕਿ ਚਰਚਾ ਕਰਵਾਉਣ ਲਈ ਉਨ੍ਹਾਂ ਨੂੰ ਸਰਕਾਰ ਤੋਂ 'ਇਜਾਜ਼ਤ' ਲੈਣੀ ਪਵੇਗੀ।"

ਰਾਹੁਲ ਗਾਂਧੀ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਰਾਹੁਲ ਗਾਂਧੀ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਵਿਦਿਆਰਥੀਆਂ ਦੇ ਮੁੱਦਿਆਂ 'ਤੇ ਸੰਸਦ ਵਿੱਚ ਚਰਚਾ ਕਰਵਾਉਣ ਤੋਂ ਬਚ ਰਹੀ ਹੈ

ਉਨ੍ਹਾਂ ਕਿਹਾ, "ਇਹ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਮੁੱਦਾ ਹੈ। ਜਿਨ੍ਹਾਂ ਵਿਦਿਆਰਥੀਆਂ ਨਾਲ ਕੁੱਟ-ਮਾਰ ਕੀਤੀ ਜਾ ਰਹੀ ਹੈ, ਇਹ ਠੀਕ ਨਹੀਂ ਹੈ। ਨਰਿੰਦਰ ਮੋਦੀ ਨੇ ਇਸ ਲਈ ਹੁਣ ਤੱਕ ਮੁਆਫ਼ੀ ਨਹੀਂ ਮੰਗੀ ਹੈ। ਇਹ ਨੌਜਵਾਨ ਦੇਸ਼ ਦੀ ਖ਼ਰਾਬ ਹੋ ਚੁੱਕੀ ਸਿੱਖਿਆ ਪ੍ਰਣਾਲੀ ਅਤੇ ਪ੍ਰੀਖਿਆ ਪ੍ਰਣਾਲੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।"

ਰਾਹੁਲ ਗਾਂਧੀ ਨੇ ਕਿਹਾ, "ਪ੍ਰਧਾਨ ਮੰਤਰੀ ਚੁੱਪ ਕਿਉਂ ਹਨ? ਉਨ੍ਹਾਂ ਨੂੰ ਵਿਦਿਆਰਥੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ ਦੀ ਕੁੱਟਮਾਰ ਦਾ ਇਹ ਸਿਲਸਿਲਾ ਬੰਦ ਹੋਣਾ ਚਾਹੀਦਾ ਹੈ।"

ਉਨ੍ਹਾਂ ਕਿਹਾ, "ਧਰਮੇਂਦਰ ਪ੍ਰਧਾਨ ਨੇ ਇਨ੍ਹਾਂ ਵਿਦਿਆਰਥੀਆਂ ਦੀ ਕੁੱਟਮਾਰ ਨਹੀਂ ਕੀਤੀ ਹੈ, ਇਹ ਗ੍ਰਹਿ ਮੰਤਰੀ ਨੇ ਕਰਵਾਈ ਹੈ। ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਗ੍ਰਹਿ ਮੰਤਰੀ ਪ੍ਰਧਾਨ ਮੰਤਰੀ ਨੂੰ ਰਿਪੋਰਟ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।"

ਇਸ ਤੋਂ ਬਾਅਦ ਰਾਹੁਲ ਗਾਂਧੀ ਸੀਜੇਪੀ ਦੇ ਵਿਰੋਧ ਮਾਰਚ ਦੌਰਾਨ ਜ਼ਖ਼ਮੀ ਹੋਏ ਲੋਕਾਂ ਨਾਲ ਮੁਲਾਕਾਤ ਕਰਨ ਲਈ ਰਾਮ ਮਨੋਹਰ ਲੋਹੀਆ (ਆਰਐੱਮਐੱਲ) ਹਸਪਤਾਲ ਵੀ ਪਹੁੰਚੇ।

ਪੀਐੱਮ ਮੋਦੀ ਨੇ ਨੀਟ ਪੇਪਰ ਲੀਕ 'ਤੇ ਕੀ ਕਿਹਾ, ਕਿਰੇਨ ਰਿਜਿਜੂ ਨੇ ਦੱਸਿਆ

ਨਰਿੰਦਰ ਮੋਦੀ

ਤਸਵੀਰ ਸਰੋਤ, Ajay Aggarwal/Hindustan Times via Getty Images

ਤਸਵੀਰ ਕੈਪਸ਼ਨ, ਐੱਨਡੀਏ ਸੰਸਦ ਮੈਂਬਰਾਂ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰ ਲੀਕ ਦੇ ਮੁੱਦੇ 'ਤੇ ਸਰਕਾਰ ਦਾ ਪੱਖ ਰੱਖਿਆ (ਫਾਈਲ ਫੋਟੋ)

ਮਾਨਸੂਨ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਐੱਨਡੀਏ ਸੰਸਦ ਮੈਂਬਰਾਂ ਦੀ "ਮੰਗਲ ਮਿਲਨ" ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰ ਲੀਕ ਦੇ ਮੁੱਦੇ 'ਤੇ ਸਰਕਾਰ ਦਾ ਪੱਖ ਰੱਖਿਆ।

ਬੈਠਕ ਤੋਂ ਬਾਅਦ ਕੇਂਦਰੀ ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਮੀਡੀਆ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਬਾਰੇ ਜਾਣਕਾਰੀ ਦਿੱਤੀ।

ਕਿਰੇਨ ਰਿਜਿਜੂ ਨੇ ਕਿਹਾ, "ਨੀਟ ਪ੍ਰੀਖਿਆ ਬਾਰੇ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਜਦੋਂ ਬੇਨਿਯਮੀਆਂ ਦੀਆਂ ਖ਼ਬਰਾਂ ਮਿਲੀਆਂ ਤਾਂ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ। ਤੇਰ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ।"

ਰਿਜਿਜੂ ਨੇ ਦੱਸਿਆ, "ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਪਹਿਲ ਦਿੰਦੇ ਹੋਏ ਬਿਨਾਂ ਕਿਸੇ ਦੇਰੀ ਦੇ ਮੁੜ ਪ੍ਰੀਖਿਆ ਕਰਵਾਈ ਗਈ ਅਤੇ ਨਤੀਜੇ ਐਲਾਨੇ ਗਏ। ਉਨ੍ਹਾਂ ਨੇ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾ ਰਹੇ ਸਖ਼ਤ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ।"

ਪ੍ਰਧਾਨ ਮੰਤਰੀ ਮੋਦੀ ਦਾ ਇਹ ਬਿਆਨ ਉਸ ਸਮੇਂ ਆਇਆ ਹੈ, ਜਦੋਂ ਕਾਕਰੋਚ ਜਨਤਾ ਪਾਰਟੀ ਪੇਪਰ ਲੀਕ ਦੇ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਹੈ।

ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਵਿੱਚ ਸ਼ਿਫ਼ਟ ਕਰਨ ਦਾ ਦਿੱਲੀ ਹਾਈ ਕੋਰਟ ਦਾ ਹੁਕਮ

ਸੋਨਮ ਵਾਂਗਚੁਕ

ਤਸਵੀਰ ਸਰੋਤ, ANI

ਤਸਵੀਰ ਕੈਪਸ਼ਨ, ਸੋਨਮ ਵਾਂਗਚੁਕ ਨੂੰ ਦਿੱਲੀ ਪੁਲਿਸ ਨੇ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦੇ ਕੇ ਭੁੱਖ ਹੜਤਾਲ ਵਾਲੀ ਥਾਂ ਤੋਂ ਚੁੱਕ ਕੇ ਸਫ਼ਦਰਜੰਗ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ (ਫ਼ਾਈਲ ਫ਼ੋਟੋ)

ਦਿੱਲੀ ਹਾਈ ਕੋਰਟ ਨੇ ਸੋਨਮ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਵਿੱਚ ਸ਼ਿਫ਼ਟ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਐਤਵਾਰ ਨੂੰ ਇਸ ਸਬੰਧੀ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਐਕਸ 'ਤੇ ਪੋਸਟ ਕਰਦਿਆਂ ਲਿਖਿਆ, "ਮੈਂ ਮਾਣਯੋਗ ਦਿੱਲੀ ਹਾਈ ਕੋਰਟ ਦਾ ਦਿਲੋਂ ਧੰਨਵਾਦ ਕਰਦੀ ਹਾਂ ਕਿ ਉਸ ਨੇ ਸੋਨਮ ਵਾਂਗਚੁਕ ਨੂੰ ਸਾਡੀ ਪਸੰਦ ਦੇ ਹਸਪਤਾਲ ਮੇਦਾਂਤਾ ਵਿੱਚ ਦਾਖ਼ਲ ਕਰਨ ਦੇ ਹੱਕ ਵਿੱਚ ਹੁਕਮ ਦਿੱਤਾ।"

ਉਨ੍ਹਾਂ ਨੇ ਅੱਗੇ ਲਿਖਿਆ, "ਮੈਂ ਅਖਿਲ ਸਿੱਬਲ, ਬਹੁਲੀ ਸ਼ਰਮਾ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਵੀ ਦਿਲੋਂ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਬਹੁਤ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ ਰਿਕਾਰਡ ਸਮੇਂ ਵਿੱਚ ਇਹ ਕਾਨੂੰਨੀ ਜਿੱਤ ਹਾਸਲ ਕੀਤੀ।"

ਇਸ ਤੋਂ ਪਹਿਲਾਂ ਗੀਤਾਂਜਲੀ ਜੇ. ਅੰਗਮੋ ਵੱਲੋਂ ਐਤਵਾਰ ਨੂੰ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਐਤਵਾਰ ਦਾ ਦਿਨ ਹੋਣ ਦੇ ਬਾਵਜੂਦ ਹਾਈ ਕੋਰਟ ਨੇ ਤੁਰੰਤ ਸੁਣਵਾਈ ਲਈ ਸਵੀਕਾਰ ਕਰ ਲਿਆ ਸੀ। ਪਰ ਉਸ ਦਿਨ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਕੋਈ ਅੰਤਰਿਮ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਹਾਈ ਕੋਰਟ ਨੇ ਤਿੰਨ ਦਿਨਾਂ ਦੇ ਅੰਦਰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਸੀ।

ਨੀਟ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਸਿੱਖਿਆ ਸ਼ਾਸਤਰੀ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ 28 ਜੂਨ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਭੁੱਖ ਹੜਤਾਲ ਕਰ ਰਹੇ ਸਨ। ਪਰ ਸ਼ਨੀਵਾਰ ਸਵੇਰੇ ਪੁਲਿਸ ਨੇ ਉਨ੍ਹਾਂ ਨੂੰ ਉੱਥੋਂ ਹਟਾ ਦਿੱਤਾ ਸੀ।

ਅੰਦੋਲਨ ਚੱਲਦਾ ਰਹੇਗਾ- ਦੀਪਕੇ

ਅਭਿਜੀਤ ਦੀਪਕੇ

ਜੰਤਰ-ਮੰਤਰ ਉੱਤੇ ਬੋਲਦਿਆਂ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਇਸੇ ਤਰ੍ਹਾਂ ਚੱਲਦਾ ਰਹੇਗਾ।

ਉਨ੍ਹਾਂ ਨੇ ਕਿਹਾ, "ਇੱਕ ਪਾਸੇ ਸਰਕਾਰ ਨੇ ਉਨ੍ਹਾਂ ਨੂੰ ਗੱਲਬਾਤ ਲਈ ਬੁਲਾਇਆ ਦੂਜੇ ਪਾਸੇ ਬੱਚਿਆਂ ਉੱਤੇ ਲਾਠੀਆਂ ਚਲਾਈਆਂ।"

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਹੁਣ ਗੱਲਬਾਤ ਲਈ ਜੰਤਰ-ਮੰਤਰ ਆਉਣਾ ਪਵੇਗਾ ਉਹ ਹੁਣ ਉੱਥੇ ਨਹੀਂ ਜਾਣਗੇ।

ਮੰਗਲਵਾਰ ਨੂੰ ਜੰਤਰ-ਮੰਤਰ ਉੱਤੇ ਮੌਜੂਦ ਬੀਬੀਸੀ ਪੱਤਰਕਾਰ ਅਵਤਾਰ ਸਿੰਘ ਮੁਤਾਬਕ ਹਾਲੇ ਵੀ ਨੌਜਵਾਨ ਉੱਥੇ ਮੌਜੂਦ ਹਨ ਅਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਕਾਕਰੋਚ ਜਨਤਾ ਪਾਰਟੀ ਦਾ ਮੁਜ਼ਾਹਰਾ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸੋਮਵਾਰ ਨੂੰ ਦਿੱਲੀ ਵਿੱਚ ਹੋਏ ਮੁਜ਼ਾਹਰੇ ਦਾ ਇੱਕ ਦ੍ਰਿਸ਼

ਅਭਿਜੀਤ ਦੀਪਕੇ ਨੇ ਕਿਹਾ ਕਿ ਕੱਲ੍ਹ ਉਨ੍ਹਾਂ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਵਾਪਸ ਲੈਣਾ ਪਿਆ ਕਿਉਂਕਿ ਉਹ ਨਹੀਂ ਚਾਹੁੰਦੇ ਸਨ ਕਿ ਹੋਰ ਬੱਚਿਆਂ ਨੂੰ ਸਰੀਰਕ ਨੁਕਸਾਨ ਪਹੁੰਚੇ।

ਮੁਜ਼ਾਹਰੇ ਦੌਰਾਨ ਜ਼ਖ਼ਮੀ ਹੋਈ ਸੁਹਾਨਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 8:30ਵਜੇ ਸੁਰੱਖਿਆ ਬਲਾਂ ਵੱਲੋਂ ਚੁੱਕਿਆ ਗਿਆ ਸੀ।

ਯੂਪੀ ਤੋਂ ਆਏ ਇੱਕ ਹੋਰ ਮੁਜ਼ਾਹਰਾਕਾਰੀ ਨੇ ਦੱਸਿਆ ਕਿ ਉਹ ਸਿਰਫ਼ ਇੱਕ ਥਾਂ ਉੱਤੇ ਬੈਠੇ ਹੋਏ ਸਨ ਜਦੋਂ ਉਨ੍ਹਾਂ ਉੱਤੇ ਲਾਠੀਆਂ ਚੱਲੀਆਂ।

ਸੁਹਾਨਾ ਵੀ ਇਸ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਹੋਏ
ਤਸਵੀਰ ਕੈਪਸ਼ਨ, ਸੁਹਾਨਾ ਵੀ ਇਸ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਹੋਏ

ਪੁਲਿਸ ਦੀ ਕਾਰਵਾਈ ਦੀ ਹੋਈ ਨਿੰਦਾ

ਕਾਕਰੋਚ ਜਨਤਾ ਪਾਰਟੀ ਦੇ ਸੱਦੇ ਉੱਤੇ ਸੰਸਦ ਵੱਲ ਮਾਰਚ ਕਰਨ ਲਈ ਇਕੱਠੇ ਹੋਏ ਲੋਕਾਂ ਉੱਤੇ ਲਾਠੀਚਾਰਜ ਅਤੇ ਟੀਅਰ ਗੈਸ ਦੀ ਵਰਤੋਂ ਮਗਰੋਂ ਵੱਖ-ਵੱਖ ਲੋਕਾਂ ਵੱਲੋਂ ਇਸ ਕਾਰਵਾਈ ਦੀ ਨਿੰਦਾ ਕੀਤੀ ਜਾ ਰਹੀ ਹੈ।

ਬਾਲੀਵੁੱਡ ਕਲਾਕਾਰਾਂ ਦੇ ਨਾਲ-ਨਾਲ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਵੀ ਇਸ ਬਾਰੇ ਰਾਇ ਰੱਖੀ ਗਈ।

ਉਨ੍ਹਾਂ ਨੇ ਆਪਣੀ ਇੰਸਟਾ ਸਟੋਰੀ ਉੱਤੇ ਲਿਖਿਆ, "ਅੱਜ ਜੋ ਹੋਇਆ ਬਹੁਤ ਮਾੜਾ ਹੋਇਆ, ਵਿਦਿਆਰਥੀਆਂ ਨਾਲ ਇਸ ਤਰੀਕੇ ਵਿਵਹਾਰ ਨਹੀਂ ਹੋਣਾ ਚਾਹੀਦਾ ਸੀ, ਮੈਂ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹਾਂ ਕਿ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸੁਣ ਲਿਆ ਜਾਵੇ, ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੁੰਦੀ ਹੈ।"

ਉਨ੍ਹਾਂ ਨੇ ਅੱਗੇ ਲਿਖਿਆ, "ਮੇਰੇ ਤੇ ਪਹਿਲਾਂ ਹੀ ਐਂਟੀ-ਨੈਸ਼ਨਲਿਸਟ ਦਾ ਟੈਗ ਬਹੁਤ ਵਾਰ ਲੱਗ ਚੁੱਕਾ ਹੈ, ਹੁਣ ਵੀ ਮੈਨੂੰ ਐਂਟੀ ਨੈਸ਼ਨਲਿਸਟ ਕਿਹਾ ਜਾਵੇਗਾ। ਕਿਸਾਨ ਅੰਦੋਲਨ ਤੋਂ ਬਾਅਦ ਮੈਨੂੰ ਬਹੁਤ ਵਿਰੋਧ ਅਤੇ ਕਾਨੂੰਨੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਮੈਂ ਇਸ ਬਾਰੇ ਚਰਚਾ ਵੀ ਨਹੀਂ ਕਰਨਾ ਚਾਹੂੰਦਾ।"

ਦਿਲਜੀਤ ਦੋਸਾਂਝ ਕਾਕਰੋਚ ਜਨਤਾ ਪਾਰਟੀ ਦੇ ਮਾਰਚ ਬਾਰੇ ਬੋਲੇ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੇ ਐਕਸ ਅਕਾਉਂਟ ਉੱਤੇ ਲਿਖਿਆ, "ਮੈਂ ਆਪਣੇ ਸਾਰੇ ਸਮਰਥਕਾਂ, ਖ਼ਾਸ ਕਰਕੇ ਕੁੜੀਆਂ ਤੋਂ ਮੁਆਫ਼ੀ ਮੰਗਦਾ ਹਾਂ, ਜਿਨ੍ਹਾਂ ਨੂੰ ਪੁਰਸ਼ ਪੁਲਿਸ ਅਫ਼ਸਰਾਂ ਵੱਲੋਂ ਬੁਰੀ ਤਰ੍ਹਾਂ ਕੱਟਿਆ ਗਿਆ।"

ਆਪਣੇ ਉੱਤੇ ਲੱਗ ਰਹੇ ਇਲਜ਼ਾਮਾਂ ਬਾਰੇ ਦਿੱਲੀ ਪੁਲਿਸ ਦੇ ਜੋਇੰਟ ਕਮਿਸ਼ਨਰ ਮਧੁਰ ਵਰਮਾ ਨੇ ਸੋਮਵਾਰ ਦੇਰ ਸ਼ਾਮ ਏਐੱਨਆਈ ਖ਼ਬਰ ਏਜੰਸੀ ਨੂੰ ਦੱਸਿਆ, "ਮੁਜ਼ਾਹਰਾਕਾਰੀ ਗ਼ੈਰ-ਕਾਨੂੰਨੀ ਤੌਰ ਉੱਤੇ ਇਕੱਠੇ ਹੋਏ ਸਨ ਜਿਸ ਨਾਲ ਨਜਿੱਠਿਆ ਗਿਆ, ਕੁਝ ਪੱਥਰਬਾਜ਼ੀ ਦੀਆਂ ਘਟਨਾਵਾਂ ਹੋਈਆਂ, ਕੁਝ ਮੁਜ਼ਾਹਰਾਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।"

ਅਭਿਜੀਤ ਦੀਪਕੇ ਅਤੇ ਸੋਨਮ ਵਾਂਗਚੁਕ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਭੁੱਖ ਹੜਤਾਲ ਉੱਤੇ ਬੈਠੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਨੂੰ ਦਿੱਲੀ ਪੁਲਿਸ ਸ਼ਨੀਵਾਰ ਨੂੰ ਜੰਤਰ-ਮੰਤਰ ਤੋਂ ਹਟਾ ਕੇ ਹਸਪਤਾਲ ਲੈ ਗਈ ਸੀ।

ਅਦਾਕਾਰ ਸੋਨੂੰ ਸੂਦ, ਰਿਤੇਸ਼ ਦੇਸ਼ਮੁਖ, ਰਣਵੀਰ ਸ਼ੌਰੀ ਅਤੇ ਅਦਾਕਾਰਾ ਜੇਨੇਲੀਆ ਸਣੇ ਕਈ ਮਸ਼ਹੂਰ ਹਸਤੀਆਂ ਨੇ ਵੀ ਸੀਜੇਪੀ ਦੇ ਮੁਜ਼ਾਹਰੇ ਬਾਰੇ ਪ੍ਰਤੀਕਿਰਿਆ ਦਿੱਤੀ ਹੈ।

ਅਦਾਕਾਰ ਸੋਨੂੰ ਸੂਦ ਨੇ ਇੰਸਟਾਗ੍ਰਾਮ 'ਤੇ ਲਿਖਿਆ, "ਸਾਡੇ ਵਿਦਿਆਰਥੀਆਂ ਨੂੰ ਗਲੇ ਮਿਲਣ ਦੀ ਲੋੜ ਹੈ, ਡੰਡਿਆਂ ਦੀ ਨਹੀਂ।"

ਅਦਾਕਾਰ ਰਿਤੇਸ਼ ਦੇਸ਼ਮੁਖ ਅਤੇ ਉਨ੍ਹਾਂ ਦੀ ਪਤਨੀ, ਅਦਾਕਾਰਾ ਜੇਨੇਲੀਆ ਨੇ ਲਿਖਿਆ, "ਅਸੀਂ ਆਪਣੇ ਦੇਸ਼ ਦੇ ਨੌਜਵਾਨਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀਆਂ ਆਵਾਜ਼ਾਂ ਸੁਣੀਆਂ ਜਾਣੀਆਂ ਚਾਹੀਦੀਆਂ ਹਨ। ਉਹ ਸਾਡੇ ਲੋਕਤੰਤਰ ਦੀ ਤਾਕਤ ਹਨ ਅਤੇ ਸਾਡੇ ਦੇਸ਼ ਦੇ ਭਵਿੱਖ ਦੇ ਅਸਲ ਨਿਰਮਾਤਾ ਹਨ।

"ਆਓ ਅਸੀਂ ਉਨ੍ਹਾਂ ਦੀ ਗੱਲ ਸੁਣੀਏ, ਉਨ੍ਹਾਂ ਦਾ ਸਮਰਥਨ ਕਰੀਏ, ਅਤੇ ਉਨ੍ਹਾਂ ਨੂੰ ਵਧਣ-ਫੁੱਲਣ ਦਾ ਮੌਕਾ ਦੇਈਏ। ਸਾਡੇ ਨੌਜਵਾਨਾਂ ਦੀ ਊਰਜਾ, ਹਿੰਮਤ ਅਤੇ ਸੁਪਨੇ ਉਸ ਭਾਰਤ ਨੂੰ ਬਣਾਉਣ ਵਿੱਚ ਮਦਦ ਕਰਨਗੇ ਜਿਸਨੂੰ ਅਸੀਂ ਬਣਾਉਣਾ ਚਾਹੁੰਦੇ ਹਾਂ।"

ਅਦਾਕਾਰ ਰਣਵੀਰ ਸ਼ੌਰੀ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਦੇ ਹੋਏ ਲਿਖਿਆ, "ਮੰਤਰੀ ਨੂੰ ਬਹੁਤ ਪਹਿਲਾਂ ਅਸਤੀਫਾ ਦੇ ਦੇਣਾ ਚਾਹੀਦਾ ਸੀ! ਇਸ ਤਰ੍ਹਾਂ, ਸਰਕਾਰ ਆਪਣਾ ਚਿਹਰਾ ਬਚਾ ਸਕਦੀ ਸੀ ਅਤੇ ਸ਼ਾਇਦ ਜਵਾਬਦੇਹ ਅਤੇ ਜ਼ਿੰਮੇਵਾਰ ਠਹਿਰਾਈ ਜਾ ਸਕਦੀ ਸੀ। ਹੁਣ, ਮੈਨੂੰ ਨਹੀਂ ਲੱਗਦਾ ਕਿ ਇਹ ਵਿਰੋਧੀ ਧਿਰ ਨੂੰ ਲਾਭ ਪਹੁੰਚਾਏ ਜਾਂ ਆਪਣੇ ਲਈ ਸਮੱਸਿਆਵਾਂ ਪੈਦਾ ਕੀਤੇ ਬਿਨਾਂ ਇਸ ਮਾਮਲੇ ਤੋਂ ਬਾਹਰ ਨਿਕਲ ਸਕੇਗੀ।"

ਮਨੁੱਖੀ ਅਧਿਕਾਰ ਸੰਗਠਨ ਨੇ ਕੀ ਕਿਹਾ?

ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਦੇ ਵਿਚਕਾਰ ਨੌਜਵਾਨ ਸਵੇਰ ਤੋਂ ਦੇਰ ਸ਼ਾਮ ਤੱਕ ਜੰਤਰ-ਮੰਤਰ 'ਤੇ ਇਕੱਠੇ ਰਹੇ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਦੇ ਵਿਚਕਾਰ ਨੌਜਵਾਨ ਸਵੇਰ ਤੋਂ ਦੇਰ ਸ਼ਾਮ ਤੱਕ ਜੰਤਰ-ਮੰਤਰ 'ਤੇ ਇਕੱਠੇ ਰਹੇ

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਹਿਊਮਨ ਰਾਈਟਸ ਵਾਚ ਨੇ ਵੀ ਸੋਮਵਾਰ ਨੂੰ ਸੰਸਦ ਮਾਰਚ ਦੌਰਾਨ ਮੁਜ਼ਾਹਰਾਕਾਰੀਆਂ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ 'ਤੇ ਚਿੰਤਾ ਜ਼ਾਹਰ ਕੀਤੀ।

ਸੰਗਠਨ ਨੇ ਭਾਰਤੀ ਅਧਿਕਾਰੀਆਂ ਨੂੰ ਪੁਲਿਸ ਕਾਰਵਾਈ ਦੀ ਜਾਂਚ ਕਰਨ ਅਤੇ ਪ੍ਰਦਰਸ਼ਨਕਾਰੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ ।

ਹਿਊਮਨ ਰਾਈਟਸ ਵਾਚ ਦੀ ਡਿਪਟੀ ਏਸ਼ੀਆ ਡਾਇਰੈਕਟਰ ਮੀਨਾਕਸ਼ੀ ਗਾਂਗੁਲੀ ਨੇ ਕਿਹਾ, "ਭਾਰਤੀ ਅਧਿਕਾਰੀਆਂ ਨੂੰ ਤੁਰੰਤ ਦੋਸ਼ਾਂ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਸੁਰੱਖਿਆ ਬਲਾਂ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਵਿਦਿਆਰਥੀਆਂ ਨੂੰ ਖਿੰਡਾਉਣ ਲਈ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ।"

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੁਲਿਸ ਬਲ ਸੰਜਮ ਵਰਤਣ ਅਤੇ ਲੋਕਾਂ ਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੋਵੇ।

ਇਸ ਤੋਂ ਪਹਿਲਾਂ, ਕਾਂਗਰਸ ਨੇਤਾ ਰਾਹੁਲ ਗਾਂਧੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਸਮੇਤ ਕਈ ਵਿਰੋਧੀ ਨੇਤਾਵਾਂ ਨੇ ਵੀ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ ਸੀ।

ਸੰਸਦ ਮਾਰਚ ਵਾਲੇ ਦਿਨ ਕੀ-ਕੀ ਹੋਇਆ?

ਭਾਰਤ ਦਾ ਸੰਵਿਧਾਨ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸ਼ੁਰੂਆਤੀ ਹੰਗਾਮੇ ਦੇ ਵਿਚਾਲੇ ਸੀਜੇਪੀ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਉਨ੍ਹਾਂ ਨੂੰ ਗੱਲਬਾਤ ਲਈ ਬੁਲਾਇਆ ਸੀ।

20 ਜੁਲਾਈ ਨੂੰ ਜਿਵੇਂ-ਜਿਵੇਂ ਦਿਨ ਵਧਦਾ ਗਿਆ, ਨਵੀਂ ਦਿੱਲੀ ਦੇ ਜੰਤਰ-ਮੰਤਰ ਖੇਤਰ ਵਿੱਚ ਭੀੜ ਵਧਦੀ ਗਈ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਖ਼ਾਸ ਕਰਕੇ ਨੌਜਵਾਨ ਮੁਜ਼ਾਹਰੇ ਵਿੱਚ ਹਿੱਸਾ ਲੈਣ ਲਈ ਪਹੁੰਚੇ।

ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਅਤੇ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਦੀ ਅਗਵਾਈ ਵਿੱਚ ਮੁਜ਼ਾਹਰਾਕਾਰੀ ਅੱਗੇ ਵਧੇ, ਸੁਰੱਖਿਆ ਬਲਾਂ ਦਾ ਸਾਹਮਣਾ ਕਰਨਾ ਪਿਆ, ਜਿਨ੍ਹਾਂ ਨੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ।

ਕਈ ਥਾਵਾਂ 'ਤੇ ਮੈਟਰੋ ਸਟੇਸ਼ਨ ਅਤੇ ਸੜਕਾਂ ਬੰਦ ਹੋਣ ਦੇ ਬਾਵਜੂਦ ਲੋਕ ਸਾਰੀਆਂ ਮੁਸ਼ਕਲਾਂ ਨੂੰ ਪਾਰ ਕਰਦੇ ਹੋਏ ਮੁਜ਼ਾਹਰੇ ਵਿੱਚ ਸ਼ਾਮਲ ਹੋ ਰਹੇ ਸਨ।

ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਦੇ ਵਿਚਕਾਰ ਨੌਜਵਾਨ ਸਵੇਰ ਤੋਂ ਦੇਰ ਸ਼ਾਮ ਤੱਕ ਜੰਤਰ-ਮੰਤਰ 'ਤੇ ਇਕੱਠੇ ਰਹੇ।

ਦੂਜੇ ਪਾਸੇ, ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਸ਼ੁਰੂਆਤੀ ਹੰਗਾਮੇ ਦੇ ਵਿਚਾਲੇ ਸੀਜੇਪੀ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਉਨ੍ਹਾਂ ਨੂੰ ਗੱਲਬਾਤ ਲਈ ਬੁਲਾਇਆ ਸੀ।

ਉੱਥੇ ਹੀ ਕੇਂਦਰੀ ਮੰਤਰੀ ਜੇਪੀ ਨੱਡਾ ਨੇ ਕਿਹਾ ਕਿ ਮੁਜ਼ਾਹਰਾਕਾਰੀਆਂ ਵੱਲੋਂ ਗੱਲਬਾਤ ਦਾ ਪ੍ਰਸਤਾਵ ਆਇਆ ਸੀ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)