ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਮਨੋਰੰਜਨ ਜਗਤ ਦੇ ਕਿਹੜੇ ਸਿਤਾਰੇ ਹਮਾਇਤ ਵਿੱਚ ਆਏ, ਹੁਣ ਤੱਕ ਇਸ ਮਾਮਲੇ ਵਿੱਚ ਕੀ ਕੁਝ ਹੋਇਆ

ਪਰਵਿੰਦਰ ਸਿੰਘ ਝੋਟਾ
ਤਸਵੀਰ ਕੈਪਸ਼ਨ, ਮਾਨਸਾ ਦੇ ਬਾਜ਼ਾਰ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਨਸ਼ਿਆਂ ਵਿਰੋਧੀ ਕਾਰਕੁਨ ਵਜੋਂ ਜਾਣੇ ਜਾਂਦੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ ਗਿਆ ਸੀ
    • ਲੇਖਕ, ਹਰਮਨਦੀਪ ਸਿੰਘ
    • ਰੋਲ, ਬੀਬੀਸੀ ਪੱਤਰਕਾਰ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 9 ਮਿੰਟ

ਪੰਜਾਬੀ ਮਨੋਰੰਜਨ ਜਗਤ ਦੇ ਕਈ ਮਸ਼ਹੂਰ ਸਿਤਾਰੇ ਅਤੇ ਨਾਮੀ ਹਸਤੀਆਂ ਵੀ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਲੱਗੇ ਮੋਰਚੇ ਦੀ ਹਮਾਇਤ ਵਿੱਚ ਉੱਤਰ ਆਈਆਂ ਹਨ।

ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ 13 ਅਕਤੂਬਰ ਤੋਂ ਮਾਨਸਾ ਦੇ ਤਿਕੋਣੀ ਚੌਕ ਅਤੇ ਸਿਵਲ ਹਸਪਤਾਲ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।

ਸਿਵਲ ਹਸਪਤਾਲ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਪਈ ਹੈ, ਜਦਕਿ ਤਿਕੋਣੀ ਚੌਕ ਵਿੱਚ ਇਨਸਾਫ਼ ਕਮੇਟੀ ਵੱਲੋਂ ਸਟੇਜ ਲਗਾਈ ਗਈ ਹੈ।

ਮਨੋਰੰਜਨ ਜਗਤ ਦੇ ਕਈ ਸਿਤਾਰੇ ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋ ਰਹੇ ਹਨ। ਕਿਸੇ ਨੇ ਆਪਣੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਰੱਦ ਕਰ ਦਿੱਤੇ ਹਨ, ਕਿਸੇ ਨੇ ਆਪਣੀ ਫ਼ਿਲਮ ਦੀ ਰਿਲੀਜ਼ ਰੋਕ ਦਿੱਤੀ ਹੈ ਅਤੇ ਕੋਈ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ।

ਇਨ੍ਹਾਂ ਸਿਤਾਰਿਆਂ ਵਿੱਚ ਅਦਾਕਾਰਾ ਨੀਰੂ ਬਾਜਵਾ, ਗਾਇਕ ਬੱਬੂ ਮਾਨ, ਰਣਜੀਤ ਬਾਵਾ ਅਤੇ ਆਰ ਨੇਤ ਸਣੇ ਹੋਰ ਕਈ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਉਨ੍ਹਾਂ ਦੇ 'ਸਾਈਨਡ ਟੂ ਗੌਡ' ਟੂਰ ਨੂੰ ਰੱਦ ਕਰ ਦਿੱਤਾ ਹੈ।

ਬੱਬੂ ਮਾਨ
ਤਸਵੀਰ ਕੈਪਸ਼ਨ, ਐਤਵਾਰ ਨੂੰ ਧਰਨੇ ਵਿੱਚ ਗਾਇਕ ਬੱਬੂ ਮਾਨ ਵੀ ਪਹੁੰਚੇ ਸਨ

ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਪੋਸਟ ਸਾਂਝੀ ਕਰ ਕੇ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਹੈ।

ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਪੰਜਾਬੀ ਫ਼ਿਲਮ 'ਥਾਪੀ' ਦੀ ਰਿਲੀਜ਼ ਉੱਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸਾਂਝੀ ਕੀਤੀ। ਇਹ ਫ਼ਿਲਮ 16 ਅਕਤੂਬਰ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਈ ਸੀ।

ਹੁਣ ਤੱਕ ਕੀ-ਕੀ ਹੋਇਆ?

ਗੁੱਸੇ ਵਿੱਚ ਆਏ ਲੋਕਾਂ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਅੱਗ ਲਗਾ ਦਿੱਤੀ ਸੀ
ਤਸਵੀਰ ਕੈਪਸ਼ਨ, ਵਾਰਦਾਤ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਅੱਗ ਲਗਾ ਦਿੱਤੀ ਸੀ
  • 13 ਅਕਤੂਬਰ: ਮਾਨਸਾ ਦੇ ਤਿਕੋਣੀ ਚੌਕ ਅਤੇ ਸਿਵਲ ਹਸਪਤਾਲ ਦੇ ਬਾਹਰ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਸ਼ੁਰੂ ਹੋਇਆ। ਵਾਰਦਾਤ ਵਾਲੇ ਦਿਨ ਹੀ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਇੱਕ ਸਾਥੀ ਨੂੰ ਕਾਬੂ ਕਰ ਲਿਆ ਗਿਆ।
  • 14 ਅਕਤੂਬਰ: ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਅਤੇ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸੇ ਦਿਨ ਅਸ਼ਵਨੀ ਕੁਮਾਰ ਦੇ ਘਰ ਅਤੇ ਮੈਡੀਕਲ ਸਟੋਰ ਉੱਤੇ ਬੁਲਡੋਜ਼ਰ ਰਾਹੀਂ ਕਾਰਵਾਈ ਵੀ ਕੀਤੀ ਗਈ।
  • 15 ਅਕਤੂਬਰ: ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ। ਇਸੇ ਦਿਨ ਅਸ਼ਵਨੀ ਕੁਮਾਰ ਦੀ ਪਤਨੀ ਅਤੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ।
  • 16 ਅਕਤੂਬਰ: ਅਸ਼ਵਨੀ ਕੁਮਾਰ ਦਾ ਅਸਲਾ ਲਾਇਸੈਂਸ ਰੱਦ ਕਰ ਦਿੱਤਾ ਗਿਆ। ਇਸੇ ਦਿਨ ਪੁਲਿਸ ਨੇ ਭੰਨਤੋੜ ਕਰਨ, ਇੱਕ ਦੁਕਾਨਦਾਰ ਦੇ ਖੋਖੇ ਦਾ ਸਾਮਾਨ ਸਾੜਨ ਅਤੇ ਭੜਕਾਊ ਭਾਸ਼ਣ ਦੇਣ ਦੇ ਇਲਜ਼ਾਮਾਂ ਤਹਿਤ ਤਿੰਨ ਵੱਖ-ਵੱਖ ਕੇਸ ਦਰਜ ਕੀਤੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ।
ਕੰਵਲਪ੍ਰੀਤ ਕੌਰ ਬਰਾੜ, ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ
ਤਸਵੀਰ ਕੈਪਸ਼ਨ, ਐਕਸ਼ਨ ਕਮੇਟੀ ਨਾਲ ਗੱਲਬਾਤ ਵਾਸਤੇ ਤਿੰਨ ਮਹਿਲਾ ਆਈਏਐਸ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ ਹੈ
  • 17 ਅਕਤੂਬਰ: ਕੇਂਦਰੀ ਗ੍ਰਹਿ ਮੰਤਰਾਲੇ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਪੰਜਾਬ ਵਿੱਚ ਵਾਪਰੀਆਂ ਹੋਰ ਘਟਨਾਵਾਂ ਬਾਰੇ ਰਿਪੋਰਟ ਮੰਗੀ। ਇਸੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਐਲਾਨ ਕੀਤਾ।
  • 18 ਅਕਤੂਬਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵਾਪਰੀਆਂ ਘਟਨਾਵਾਂ ਦੇ ਪੀੜਤਾਂ ਨਾਲ 20 ਅਕਤੂਬਰ ਨੂੰ ਮੁਲਾਕਾਤ ਕਰਨ ਦਾ ਐਲਾਨ ਕੀਤਾ।
  • 19 ਅਕਤੂਬਰ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਗਏ। ਪੰਜਾਬ ਸਰਕਾਰ ਨੇ ਐਕਸ਼ਨ ਕਮੇਟੀ ਨਾਲ ਗੱਲਬਾਤ ਵਾਸਤੇ ਤਿੰਨ ਮਹਿਲਾ ਆਈਏਐੱਸ ਅਧਿਕਾਰੀਆਂ ਦੀ ਕਮੇਟੀ ਬਣਾਈ ਹੈ। ਇਨ੍ਹਾਂ ਵਿੱਚ ਕੰਵਲਪ੍ਰੀਤ ਕੌਰ ਬਰਾੜ, ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ।

ਪੇਚ ਕਿੱਥੇ ਫਸਿਆ?

ਪਰਿਵਾਰ ਅਤੇ ਸਮਰਥਕ ਮਾਨਸਾ ਵਿੱਚ ਧਰਨੇ 'ਤੇ ਬੈਠ ਗਏ ਹਨ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਲਾਈ ਰੱਖਣ ਦਾ ਐਲਾਨ ਕੀਤਾ ਹੈ
ਤਸਵੀਰ ਕੈਪਸ਼ਨ, ਪਰਿਵਾਰ ਅਤੇ ਸਮਰਥਕ ਮਾਨਸਾ ਵਿੱਚ ਧਰਨੇ 'ਤੇ ਬੈਠ ਗਏ ਹਨ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਲਾਈ ਰੱਖਣ ਦਾ ਐਲਾਨ ਕੀਤਾ ਹੈ

ਵਾਰਦਾਤ ਵਾਲੇ ਦਿਨ ਤੋਂ ਲੈ ਕੇ ਹੁਣ ਤੱਕ ਪਰਵਿੰਦਰ ਸਿੰਘ ਝੋਟਾ ਦਾ ਪਰਿਵਾਰ ਅਤੇ ਇਨਸਾਫ਼ ਕਮੇਟੀ ਆਪਣੀਆਂ ਮੰਗਾਂ ਉੱਤੇ ਅੜੇ ਹੋਏ ਹਨ। ਇਨ੍ਹਾਂ ਮੰਗਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ, ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਹੋਰ ਅਹਿਮ ਮੰਗਾਂ ਸ਼ਾਮਲ ਹਨ।

ਇਨਸਾਫ਼ ਕਮੇਟੀ ਅਤੇ ਪਰਿਵਾਰ ਨੇ ਫ਼ੈਸਲਾ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

ਹਾਲਾਂਕਿ, ਮਾਨਸਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਇਨਸਾਫ਼ ਕਮੇਟੀ ਨਾਲ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।

ਕਤਲ ਦੀ ਵਾਰਦਾਤ ਕਿਵੇਂ ਵਾਪਰੀ ਸੀ?

ਪਰਵਿੰਦਰ ਸਿੰਘ ਝੋਟਾ ਫ਼ਰੀ-ਸਟਾਈਲ ਕਬੱਡੀ ਖਿਡਾਰੀ ਰਹੇ ਸਨ ਅਤੇ ਉਨ੍ਹਾਂ ਨੇ ਕਥਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਈ ਆਪਣਾ ਸੰਗਠਨ ਬਣਾਇਆ ਸੀ
ਤਸਵੀਰ ਕੈਪਸ਼ਨ, ਪਰਵਿੰਦਰ ਸਿੰਘ ਝੋਟਾ ਫ੍ਰੀ-ਸਟਾਈਲ ਕਬੱਡੀ ਖਿਡਾਰੀ ਰਹੇ ਸਨ ਅਤੇ ਉਨ੍ਹਾਂ ਨੇ ਕਥਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਈ ਆਪਣਾ ਸੰਗਠਨ ਬਣਾਇਆ ਸੀ

13 ਅਕਤੂਬਰ ਨੂੰ ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਨਸ਼ੀਲੇ ਅਤੇ ਪਾਬੰਦੀਸ਼ੁਦਾ ਕੈਪਸੂਲ ਵੇਚਣ ਦੇ ਇਲਜ਼ਾਮਾਂ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਜਦੋਂ ਪਰਵਿੰਦਰ ਸਿੰਘ ਝੋਟਾ ਉੱਤੇ ਗੋਲੀਆਂ ਚਲਾਈਆਂ ਗਈਆਂ, ਉਸ ਸਮੇਂ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਲਾਈਵ ਪ੍ਰਸਾਰਨ ਕਰ ਰਹੇ ਸਨ। ਇਸ ਕਾਰਨ ਵਾਰਦਾਤ ਦੀਆਂ ਕਈ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।

ਇੱਕ ਵੀਡੀਓ ਵਿੱਚ ਪਰਵਿੰਦਰ ਸਿੰਘ ਝੋਟਾ ਅਤੇ ਮੈਡੀਕਲ ਸਟੋਰ ਦੇ ਮਾਲਕ ਵਿਚਾਲੇ ਦੁਕਾਨ ਵਿੱਚ ਕਥਿਤ ਤੌਰ 'ਤੇ ਨਸ਼ੀਲੇ ਪਦਾਰਥ ਵੇਚਣ ਦੇ ਇਲਜ਼ਾਮ ਨੂੰ ਲੈ ਕੇ ਬਹਿਸ ਹੁੰਦੀ ਦਿਖਾਈ ਦਿੰਦੀ ਹੈ।

ਵੀਡੀਓ ਵਿੱਚ ਪਰਵਿੰਦਰ ਸਿੰਘ ਝੋਟਾ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਖ਼ਿਲਾਫ਼ ਪੁਲਿਸ ਨੂੰ ਫ਼ੋਨ ਕਰਨ ਦੀ ਗੱਲ ਕਰਦੇ ਸੁਣਾਈ ਦਿੰਦੇ ਹਨ।

ਵੀਡੀਓ ਵਿੱਚ ਅਸ਼ਵਨੀ ਕੋਲ ਪਿਸਤੌਲ ਹੋਣ ਦਾ ਵੀ ਜ਼ਿਕਰ ਸੁਣਾਈ ਦਿੰਦਾ ਹੈ। ਇਸ ਦੌਰਾਨ ਝੋਟਾ ਦੁਕਾਨ ਦੇ ਮਾਲਕ ਨੂੰ ਪਿਸਤੌਲ ਨਾਲ ਫ਼ਾਇਰ ਕਰਨ ਲਈ ਲਲਕਾਰਦੇ ਵੀ ਸੁਣਾਈ ਦਿੰਦੇ ਹਨ।

ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਘਟਨਾ ਤੋਂ ਬਾਅਦ ਰੋਸ ਜ਼ਾਹਿਰ ਕਰਦਿਆਂ 'ਅਸਫਲ' ਪੰਜਾਬ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਹੈ
ਤਸਵੀਰ ਕੈਪਸ਼ਨ, ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਘਟਨਾ ਤੋਂ ਬਾਅਦ ਰੋਸ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਹੈ

ਕੁਝ ਸਮੇਂ ਬਾਅਦ ਗੋਲੀ ਚੱਲਦੀ ਹੈ, ਜੋ ਪਰਵਿੰਦਰ ਸਿੰਘ ਝੋਟਾ ਨੂੰ ਲੱਗਦੀ ਹੈ। ਇਸ ਤੋਂ ਬਾਅਦ ਉਹ ਮੈਡੀਕਲ ਸਟੋਰ ਤੋਂ ਬਾਹਰ ਨਿਕਲ ਕੇ ਕਿਸੇ ਹੋਰ ਦੁਕਾਨ ਵਿੱਚ ਲੁਕਣ ਲਈ ਕੋਸ਼ਿਸ਼ ਕਰਦੇ ਹਨ।

ਇੱਕ ਹੋਰ ਵੀਡੀਓ ਵਿੱਚ ਅਸ਼ਵਨੀ ਕੁਮਾਰ ਨਾਂ ਦਾ ਵਿਅਕਤੀ ਹੱਥ ਵਿੱਚ ਪਿਸਤੌਲ ਫੜ੍ਹ ਕੇ ਬਾਜ਼ਾਰ ਵਿੱਚ ਉਨ੍ਹਾਂ ਦੇ ਪਿੱਛੇ ਜਾਂਦਾ ਦਿਖਾਈ ਦਿੰਦਾ ਹੈ। ਇਸ ਵੀਡੀਓ ਵਿੱਚ ਗੋਲੀ ਚੱਲਣ ਦੀ ਇੱਕ ਹੋਰ ਆਵਾਜ਼ ਸੁਣਾਈ ਦਿੰਦੀ ਹੈ। ਇਸ ਤੋਂ ਬਾਅਦ ਉਹ ਵਿਅਕਤੀ ਪਿਸਤੌਲ ਲੈ ਕੇ ਵਾਪਸ ਮੈਡੀਕਲ ਸਟੋਰ ਵੱਲ ਮੁੜ ਜਾਂਦਾ ਹੈ।

ਜਾਣਕਾਰੀ ਮੁਤਾਬਕ, ਜ਼ਖ਼ਮੀ ਹਾਲਤ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਵਿੰਦਰ ਸਿੰਘ ਝੋਟਾ ਦੱਖਣੀ ਪੰਜਾਬ ਦੇ ਸ਼ਹਿਰ ਮਾਨਸਾ ਦੇ ਰਹਿਣ ਵਾਲੇ ਸਨ। ਉਹ ਫ੍ਰੀਸਟਾਈਲ ਕਬੱਡੀ ਖਿਡਾਰੀ ਵੀ ਰਹੇ ਸਨ।

ਉਹ ਕੁਝ ਸਾਲ ਪਹਿਲਾਂ 'ਐਂਟੀ ਡਰੱਗ ਟਾਸਕ ਫੋਰਸ' ਬਣਾਉਣ ਤੋਂ ਬਾਅਦ ਚਰਚਾ ਵਿੱਚ ਆਏ ਸਨ। ਉਨ੍ਹਾਂ ਨੇ ਆਪਣਾ ਸੰਗਠਨ ਬਣਾ ਕੇ ਕਥਿਤ ਤੌਰ 'ਤੇ ਨਸ਼ੇ ਵੇਚਣ ਵਾਲਿਆਂ ਨੂੰ ਰੋਕਣ ਦੀ ਮੁਹਿੰਮ ਸ਼ੁਰੂ ਕੀਤੀ ਸੀ।

ਉਨ੍ਹਾਂ ਖ਼ਿਲਾਫ਼ ਕਈ ਮਾਮਲੇ ਵੀ ਦਰਜ ਕੀਤੇ ਗਏ ਸਨ ਅਤੇ ਕੁਝ ਮਾਮਲਿਆਂ ਵਿੱਚ ਉਨ੍ਹਾਂ ਨੂੰ ਸਜ਼ਾ ਵੀ ਹੋਈ ਸੀ। ਹਾਲਾਂਕਿ, ਕਈ ਹੋਰ ਮਾਮਲਿਆਂ ਵਿੱਚ ਉਹ ਬਰੀ ਵੀ ਹੋਏ ਸਨ।

ਐੱਸਜੀਪੀਸੀ ਨੇ ਕੀ ਐਲਾਨ ਕੀਤੇ?

ਹਰਜਿੰਦਰ ਸਿੰਘ ਧਾਮੀ
ਤਸਵੀਰ ਕੈਪਸ਼ਨ, ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਰਵਿੰਦਰ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ।

17 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ।

ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਤਿਕਾਰ ਸਹਿਤ ਸੰਭਾਲਣ ਦਾ ਐਲਾਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ।

ਉਨ੍ਹਾਂ ਕਿਹਾ ਸੀ ਕਿ ਇਹ ਉਪਰਾਲਾ ਭਾਈ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਗਏ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਉਦੇਸ਼ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ।

ਇਸ ਤੋਂ ਇਲਾਵਾ, ਹਰਜਿੰਦਰ ਸਿੰਘ ਧਾਮੀ ਨੇ ਜ਼ਖ਼ਮੀ ਨੌਜਵਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਐੱਸਜੀਪੀਸੀ ਵੱਲੋਂ ਹਰੇਕ ਜ਼ਖ਼ਮੀ ਨੌਜਵਾਨ ਨੂੰ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਪੁਲਿਸ ਨੇ ਹੁਣ ਤੱਕ ਕੀ ਕਾਰਵਾਈ ਕੀਤੀ?

ਐੱਸਐੱਸਪੀ ਵੈਭਵ ਚੌਧਰੀ
ਤਸਵੀਰ ਕੈਪਸ਼ਨ, ਐੱਸਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਦੀ ਵੀ ਇਸ ਵਾਰਦਾਤ ਵਿੱਚ ਭੂਮਿਕਾ ਸਾਹਮਣੇ ਆਈ ਹੈ

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅਸ਼ਵਨੀ ਕੁਮਾਰ ਦੀ ਪਤਨੀ ਵੀ ਸ਼ਾਮਲ ਹੈ।

ਵੀਰਵਾਰ ਸ਼ਾਮ ਨੂੰ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਸੀ ਕਿ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ, "ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਅਸ਼ਵਨੀ ਦੀ ਪਤਨੀ ਨੀਲਮ ਅਤੇ ਵਿਪਨ ਗਰਗ ਦੀ ਵੀ ਇਸ ਵਾਰਦਾਤ ਵਿੱਚ ਭੂਮਿਕਾ ਸੀ।"

"ਵਿਪਨ ਗਰਗ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦਾ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਨੀਲਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਪੁਲਿਸ ਸਫ਼ਲ ਰਹੀ ਹੈ।"

ਜੇਸੀਬੀ
ਤਸਵੀਰ ਕੈਪਸ਼ਨ, ਅਸ਼ਵਨੀ ਕੁਮਾਰ ਦੇ ਘਰ 'ਤੇ ਪ੍ਰਸ਼ਾਸਨ ਦੀ ਕਾਰਵਾਈ

ਪੁਲਿਸ ਮੁਤਾਬਕ, ਅਸ਼ਵਨੀ ਕੁਮਾਰ ਨੂੰ ਰਾਜਸਥਾਨ ਤੋਂ ਕਾਬੂ ਕੀਤਾ ਗਿਆ ਸੀ। ਵਾਰਦਾਤ ਤੋਂ ਬਾਅਦ ਲਾਡੀ ਨਾਂ ਦੇ ਵਿਅਕਤੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਦਾ ਦਾਅਵਾ ਹੈ ਕਿ ਵਿਪਨ ਗਰਗ ਨੇ ਅਸ਼ਵਨੀ ਨੂੰ ਫ਼ਰਾਰ ਹੋਣ ਵਿੱਚ ਮਦਦ ਕੀਤੀ ਅਤੇ ਉਸ ਨੂੰ ਸਹਾਇਤਾ ਮੁਹੱਈਆ ਕਰਵਾਈ ਸੀ।

ਐੱਸਐੱਸਪੀ ਨੇ ਅੱਗੇ ਕਿਹਾ ਸੀ, "ਉਸ ਦੀ ਪਤਨੀ ਨੂੰ ਉਸ ਦੀ ਮੰਸ਼ਾ ਅਤੇ ਸੋਚ ਬਾਰੇ ਜਾਣਕਾਰੀ ਸੀ। ਉਸ ਨੇ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਨਹੀਂ ਕੀਤਾ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਨੀਲਮ ਰਾਣੀ ਦੀ ਵੀ ਇਸ ਮਾਮਲੇ ਵਿੱਚ ਭੂਮਿਕਾ ਸੀ।"

ਕੌਣ ਹੈ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ?

ਵੀਡੀਓ ਕੈਪਸ਼ਨ, ਪਰਵਿੰਦਰ ਸਿੰਘ ਝੋਟਾ ਕੌਣ ਸਨ

ਅਸ਼ਵਨੀ ਕੁਮਾਰ ਮੂਲ ਰੂਪ ਵਿੱਚ ਮਾਨਸਾ ਦਾ ਰਹਿਣ ਵਾਲਾ ਹੈ। ਉਹ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਪਿਛਲੇ ਕਈ ਸਾਲਾਂ ਤੋਂ ਮੈਡੀਕਲ ਸਟੋਰ ਚਲਾ ਰਿਹਾ ਸੀ।

ਮਾਨਸਾ ਪੁਲਿਸ ਮੁਤਾਬਕ, ਦੋਵਾਂ ਧਿਰਾਂ ਵਿਚਾਲੇ ਪਹਿਲਾਂ ਵੀ ਕਈ ਵਾਰ ਝਗੜਾ ਹੋ ਚੁੱਕਾ ਸੀ।

ਸਾਲ 2023 ਵਿੱਚ ਪਰਵਿੰਦਰ ਸਿੰਘ ਝੋਟਾ ਨੇ ਅਸ਼ਵਨੀ ਕੁਮਾਰ ਉੱਤੇ ਪਾਬੰਦੀਸ਼ੁਦਾ ਕੈਪਸੂਲ ਵੇਚਣ ਦੇ ਇਲਜ਼ਾਮ ਲਗਾਏ ਸਨ। ਉਸ ਸਮੇਂ ਉਨ੍ਹਾਂ ਨੇ ਅਸ਼ਵਨੀ ਕੁਮਾਰ ਦੇ ਗਲੇ ਵਿੱਚ ਜੁੱਤੀਆਂ ਦੀ ਮਾਲਾ ਪਾ ਕੇ ਉਸ ਵਿਰੁੱਧ ਪੁਲਿਸ ਕਾਰਵਾਈ ਦੀ ਮੰਗ ਕੀਤੀ ਸੀ।

ਇਸ ਘਟਨਾ ਤੋਂ ਬਾਅਦ ਪੁਲਿਸ ਨੇ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਕੇਸ ਦਰਜ ਕੀਤੇ ਸਨ।

ਪਰਵਿੰਦਰ ਸਿੰਘ ਝੋਟਾ ਦੀ ਸ਼ਿਕਾਇਤ ਦੇ ਆਧਾਰ 'ਤੇ ਅਸ਼ਵਨੀ ਕੁਮਾਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਉਸ ਨੂੰ ਉਸੇ ਰਾਤ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ।

ਪੁਲਿਸ ਨੇ ਵੀ ਇਸ ਘਟਨਾ ਦਾ ਨੋਟਿਸ ਲੈਂਦਿਆਂ ਪਰਵਿੰਦਰ ਸਿੰਘ ਉਰਫ਼ ਝੋਟਾ ਅਤੇ ਪੰਜ ਹੋਰਾਂ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 355, 451, 323, 148 ਅਤੇ 149 ਤਹਿਤ ਐੱਫਆਈਆਰ ਦਰਜ ਕੀਤੀ ਸੀ।

ਇਸ ਮਾਮਲੇ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)